arrow

ਰਾਜਨਾਥ ਵਲੋਂ ਸੁਖਬੀਰ ਨੂੰ ਸਿੱਖਾਂ ਦੇ ਹਿੱਤਾਂ ਦੀ ਰਾਖੀ ਦਾ ਭਰੋਸਾ

ਚੰਡੀਗੜ੍ਹ 4 ਜੁਲਾਈ-

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਕਾਂਗਰਸ ਵਲੋਂ ਹਰਿਆਣਾ ਵਿਖੇ ਵੱਖਰੀ ਗੁਰਦੁਆਰਾ ਕਮੇਟੀ ਸਥਾਪਿਤ ਕਰਨ ਦੀ ਕੋਝੀ ਕੋਸ਼ਿਸ਼ ਕਰਨ ਬਾਰੇ ਜਾਣਕਾਰੀ ਦਿੱਤੀ ਗਈ ਤੇ ਕਿਹਾ ਗਿਆ ਕਿ ਕਾਂਗਰਸ ਦਾ ਇਹ ਯਤਨ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇ ਕੇ ਸਿੱਖ ਕੌਮ ਨੂੰ ਪਾੜਨ ਦੀ ਕੋਸ਼ਿਸ਼ ਹੈ, ਜੋ ਕਿ ਕਦੇ ਵੀ ਸਫਲ ਨਹੀਂ ਹੋਣ ਦਿੱਤੀ ਜਾਵੇਗੀ।

ਅੱਜ ਇੱਥੇ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਦੌਰਾਨ ਸ. ਬਾਦਲ ਨੇ ਸ੍ਰੀ ਰਾਜਨਾਥ ਸਿੰਘ ਨੂੰ ਕਿਹਾ ਕਿ ਕਾਂਗਰਸ ਵਲੋਂ ਸ਼ੁਰੂ ਤੋਂ ਹੀ ਸਿੱਖ ਕੌਮ ਨੂੰ ਵੰਡਕੇ ਰਾਜ ਕਰਨ ਦੀ ਨੀਤੀ ਅਪਣਾਈ ਗਈ ਹੈ, ਜਿਸ ਤਹਿਤ ਹੁਣ ਫਿਰ ਜਦ ਉਹ ਲੋਕ ਸਭਾ ਚੋਣਾਂ ਪਿੱਛੋਂ ਖਾਤਮੇ ਦੀ ਕਗਾਰ 'ਤੇ ਹੈ ਤਾਂ ਸਿੱਖਾਂ ਦੀਆਂ ਭਾਵਨਾਵਾਂ 'ਤੇ ਸਿਆਸਤ ਖੇਡਕੇ ਕਾਂਗਰਸ ਵਲੋਂ ਆਪਣੀ ਹੋਂਦ ਨੂੰ ਬਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਜੋ ਵੀ ਹੋ ਰਿਹਾ ਹੈ ਉਹ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਇਸ਼ਾਰੇ 'ਤੇ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਕਾਂਗਰਸ ਵਲੋਂ ਸਿੱਖ ਕੌਮ ਦੇ ਮਸਲਿਆਂ ਵਿਚ ਬੇਲੋੜੀ ਦਖਲ ਅੰਦਾਜੀ ਕੀਤੀ ਜਾ ਰਹੀ ਹੈ ਉਸ ਨਾਲ ਵਿਸ਼ਵ ਭਰ ਵਿਚ ਵਸਦੇ ਸਿੱਖ ਬਹੁਤ ਆਹਤ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲਵਲੋਂ ਸਿੱਖਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ ਤੇ ਉਨ੍ਹਾਂ ਨੂੰ ਯਕੀਨ ਹੈ ਕਿ ਕੇਂਦਰ ਸਰਕਾਰ ਸਿੱਖਾਂ ਨੂੰ ਆਪਣੇ ਧਾਰਮਿਕ ਫੈਸਲੇ ਖੁਦ ਲੈਣ ਦੇਣਾ ਯਕੀਨੀ ਬਣਾਏਗੀ।

ਸ. ਬਾਦਲ ਨੇ ਕਿਹਾ ਕਿ ਸਿੱਖ ਕੌਮ ਵਲੋਂ ਅਥਾਰ ਕੁਰਬਾਨੀਆਂ ਦੇ ਕੇ ਹਾਸਲ ਕੀਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਸਿੱਖ ਕੌਮ ਦੇ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਸਰਬ ਪ੍ਰਵਾਨਿਤ ਸੰਸਥਾ ਹੈ, ਜਿਸ ਨਾਲ ਵਿਸ਼ਵ ਦੇ ਕਿਸੇ ਵੀ ਕੋਨੇ ਵਿਚ ਵਸਦਾ ਹਰ ਸਿੱਖ ਭਾਵਨਾਤਮਕ ਤੌਰ 'ਤੇ ਜੁੜਿਆ ਹੈ। ਉਨ੍ਹਾਂ ਕਿਹਾ ਕਿ 'ਜਿੱਥੋਂ ਤੱਕ ਹਰਿਆਣਾ ਸਥਿਤ ਗੁਰਦੁਆਰਾ ਸਾਹਿਬਾਨਾਂ ਦਾ ਪ੍ਰਬੰਧ ਦਾ ਸਵਾਲ ਹੈ ਉਹ ਬਹੁਤ ਸ਼ਾਨਦਾਰ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਤੇ ਉੱਥੇ ਕਮੇਟੀ ਵਲੋਂ ਅਨੇਕਾਂ ਵਿਦਿਅਕ ਤੇ ਸਿਹਤ ਸੰਸਥਾਵਾਂ ਵੀ ਚਲਾਈਆਂ ਜਾ ਰਹੀਆਂ ਹਨ'। ਸ੍ਰੀ ਰਾਜਨਾਥ ਸਿੰਘ ਨੇ ਉਪ ਮੁੱਖ ਮੰਤਰੀ ਨੂੰ ਯਕੀਨ ਦਿਵਾਇਆ ਕਿ ਕੇਂਦਰ ਸਰਕਾਰ ਸਿੱਖ ਕੌਮ ਦੇ ਹਿੱਤਾਂ ਦੀ ਪੂਰੀ ਸੁਹਿਰਦਤਾ ਨਾਲ ਰਾਖੀ ਕਰੇਗੀ।