arrow

ਮੁੱਖ ਮੰਤਰੀ ਵਲੋਂ ਰਾਜ ਦੇ ਨਸ਼ਾ ਛੁਡਾਊ ਕੇਂਦਰਾਂ ਦਾ ਤੂਫ਼ਾਨੀ ਦੌਰਾ

ਜਲੰਧਰ,5 ਜੁਲਾਈ-

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦੀ ਪੈਰਵੀ ਕਰਦਿਆਂ ਸ੍ਰ.ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੇਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਪੰਜਾਬ ਦੇ ਸਾਰੇ ਜਿਲ੍ਹਿਆਂ ਵਿਚ ਨਸ਼ਾ ਛੁਡਾਊ ਕੇਂਦਰਾਂ ਦਾ ਦੋ ਰੋਜ਼ਾ ਤੂਫਾਨੀ ਦੌਰਾ ਸੁਰੂ ਕੀਤਾ ।

ਮੁੱਖ ਮੰਤਰੀ ਨੇ ਅੱਜ ਜਲੰਧਰ , ਗੁਰਦਾਸਪੁਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ ਵਿਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕੀਤਾ ਅਤੇ ਇਨ੍ਹਾਂ ਕੇਂਦਰਾਂ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਦਵਾਈਆਂ , ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖਿਲ ਮਰੀਜ਼ਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਤਸੱਲੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੂਬੇ ਵਿਚ ਮੁਹਿੰਮ ਸੁਰੂ ਕੀਤੀ ਹੋਈ ਹੈ ਅਤੇ ਨਸ਼ਿਆਂ ਨੂੰ ਸੂਬੇ ਵਿਚੋਂ ਖਤਮ ਕੀਤਾ ਜਾਵੇਗਾ। ਇਸ ਮੌਕੇ ਬਹੁਤੇ ਮਰੀਜ਼ਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਹ ਆਪਣੀ ਮਰਜ਼ੀ ਨਾਲ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਨਿਕਲਣ ਲਈ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵਿਚ ਆਏ ਹਨ।

ਈ.ਐਸ.ਆਈ.ਹਸਪਤਾਲ ਜਲੰਧਰ ਵਿਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦੀ ਹੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਦੋਹਰੀ ਨੀਤੀ ਅਪਣਾਈ ਜਾ ਰਹੀ ਹੈ । ਨੌਜਵਾਨਾਂ ਨੂੰ ਹਸਪਤਾਲਾਂ ਵਿਚ ਦਾਖਲ ਕਰਕੇ ਨਸ਼ਾ ਛੁਡਾਉਣ ਦੇ ਨਾਲ ਨਾਲ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਵਾਸਤੇ ਇਸ ਵਿਚ ਸ਼ਾਮਿਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਸ੍ਰ.ਬਾਦਲ ਨੇ ਕਿਹਾ ਕਿ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵਿਚ ਨੌਜਵਾਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਬੀ.ਪੀ.ਐਲ. ਅਤੇ ਨੀਲੇ ਕਾਰਡ ਧਾਰਕਾਂ ਦੇ ਪਰਿਵਾਰਾਂ ਨੂੰ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵਿਚ ਹੋਰ ਵਾਧੂ ਖਰਚਿਆਂ ਤੋਂ ਛੋਟ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਵਲੋਂ ਆਉਂਦੇ ਤਿੰਨਾਂ ਮਹੀਨਿਆਂ ਦੌਰਾਨ ਰਾਜ ਅੰਦਰ 22 ਮੁੜ ਵਸੇਬਾ ਕੇਂਦਰ ਸਥਾਪਿਤ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਮਾਨਤਾ ਪ੍ਰਾਪਤ ਏਜੰਸੀ ਐਨ.ਬੀ.ਸੀ.ਸੀ. ਦੁਆਰਾ ਇਨ੍ਹਾਂ ਮੁੜ ਵਸੇਬਾ ਕੇਂਦਰਾਂ ਦੀ ਇਮਾਰਤਾਂ ਦੀਆਂ ਉਸਾਰੀ ਕੀਤੀ ਜਾਵੇਗੀ। ਸ੍ਰ.ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਚੇਅਰਮੈਨਸ਼ਿਪ ਅਧੀਨ ਇਨ੍ਹਾਂ ਮੁੜ ਵਸੇਬਾ ਕੇਂਦਰਾਂ ਦੇ ਕੰਮ ਕਾਜ ਦਾ ਮੁਲੰਕਣ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪੱਧਰੀ ਕਮੇਟੀਆਂ ਵਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇਨ੍ਹਾਂ ਮੁੜ ਵਸੇਬਾ ਕੇਂਦਰਾਂ ਦਾ ਸਮੁੱਚਾ ਪ੍ਰਬੰਧ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਮੀਡੀਆ ਰਿਪੋਰਟਾਂ ਵਿਚ ਐਨ.ਡੀ.ਪੀ.ਐਸ.ਐਕਟ ਦੀ ਦੁਰਵਰਤੋਂ ਸਬੰਧੀ ਲਗਾਏ ਗਏ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕੋਈ ਵੀ ਅਜਿਹਾ ਕੇਸ ਉਨ੍ਹਾਂ ਦੇ ਧਿਆਨ ਵਿਚ ਨਹੀਂ ਆਇਆ ਫਿਰ ਵੀ ਜੇਕਰ ਕੋਈ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰ.ਬਾਦਲ ਨੇ ਕਿਹਾ ਕਿ ਸ਼ਿਕਾਇਤ ਮਿਲਣ ਉਪਰੰਤ ਸੂਬਾ ਪੁਲਿਸ ਵਲੋਂ ਅਜਿਹੇ ਕੇਸਾਂ ਦਾ ਰੀਵਿਓ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੋ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਮੂਲੀਅਤ ਰੱਖਦਾ ਹੈ ਅਤੇ ਮਨੁੱਖਤਾ ਦੇ ਵਿਰੁੱਧ ਕੋਈ ਵੀ ਘਿਨਾਉਣਾ ਜ਼ੁਰਮ ਕਰ ਰਿਹਾ ਹੈ ਉਸ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਲੋਂ ਅਜਿਹੇ ਮਾਮਲਿਆਂ ਵਿਚਸ਼ਮੂਲੀਅਤ ਰੱਖਣ ਵਾਲੇ ਵਿਅਕਤੀਆਂ ਦੇ ਖਿਲਾਫ਼ ਕਾਨੂੰਨ ਅਨੁਸਾਰ ਪਹਿਲਾਂ ਹੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਮੈਂ ਯਕੀਨ ਦੁਆਉਂਦਾ ਹਾਂ ਕਿ ਇਕ ਵਾਰ ਜਾਂਚ ਮੁਕੰਮਲ ਹੋਣ ੳਪਰੰਤ ਜਿਹੜੇ ਵਿਅਕਤੀਆਂ ਦੀ ਇਸ ਜੁਰਮ ਵਿਚ ਸ਼ਮੂਲੀਅਤ ਹੋਵੇਗੀ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।