arrow

ਹੁੱਡਾ ਦਾ ਐਲਾਨ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ- ਬਾਦਲ

ਪਟਿਆਲਾ/ਸੰਗਰੂਰ  7 ਜੁਲਾਈ-

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਲੋਂ ਅੱਜ ਕੈਥਲ ਵਿਚ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਕੀਤਾ ਗਿਆ ਐਲਾਨ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ 'ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਨੇ ਆਪਣੇ ਕਾਰਜਕਾਲ ਦੌਰਾਨ ਖੁਦ ਹਰਿਆਣਾ ਦੀ ਕਾਂਗਰਸੀ ਲੀਡਰਸ਼ਿਪ ਨੂੰ ਝਾੜ ਪਾਉਂਦਿਆਂ ਇਹ ਮਾਮਲਾ ਠੱਪ ਕਰਨ ਲਈ ਆਖਿਆ ਸੀ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਵਿਵਸਥਾ ਮੁਤਾਬਕ ਹਰਿਆਣਾ ਵਾਸਤੇ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣਾ ਸੰਭਵ ਹੀ ਨਹੀਂ ਹੈ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਹਰਿਆਣਾ ਵਿਧਾਨ ਸਭਾ ਵਿਚ ਇਸ ਬਾਰੇ ਬਿੱਲ ਪਾਸ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਸ. ਬਾਦਲ ਨੇ ਕਿਹਾ ਕਿ ਵੱਖਰੀ ਕਮੇਟੀ ਬਣਾਉਣ ਲਈ ਕੇਂਦਰ ਸਰਕਾਰ ਦੀ ਮਨਜ਼ੂਰੀ ਜ਼ਰੂਰੀ ਹੈ ਅਤੇ ਕੇਵਲ ਬਿੱਲ ਪਾਸ ਕਰਨ ਨਾਲ ਕਮੇਟੀ ਨਹੀਂ ਬਣ ਜਾਵੇਗੀ, ਉਂਝ ਉਨ੍ਹਾਂ ਮੰਨਿਆ ਕਿ ਇਹ ਸਾਂਝੀ ਸੂਚੀ ਦਾ ਵਿਸ਼ਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੁਖੀ ਪ੍ਰਤਾਪ ਸਿੰਘ ਬਾਜਵਾ ਦੀ ਹਰਿਆਣਾ ਸੰਮੇਲਨ ਵਿਚ ਮੌਜੂਦਗੀ ਬਾਰੇ ਸਵਾਲ ਦੇ ਜਵਾਬ ਵਿਚ ਸ. ਬਾਦਲ ਨੇ ਕਿਹਾ ਕਿ ਬਾਜਵਾ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਹਾਦਤਾਂ ਦੇ ਇਤਿਹਾਸ ਦੀ ਜਾਣਕਾਰੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ 1925 ਵਿਚ ਬਹੁਤ ਕੁਰਬਾਨੀਆਂ ਮਗਰੋਂ ਹੋਂਦ ਵਿਚ ਆਈ ਸੀ ਤੇ ਉਸ ਵੇਲੇ ਇਸ ਨੂੰ ਆਜ਼ਾਦੀ ਦੇ ਸੰਘਰਸ਼ ਦੀ ਪਹਿਲੀ ਜਿੱਤ ਕਰਾਰ ਦਿੱਤਾ ਗਿਆ ਸੀ।  ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਚ ਇਹ ਮਾਮਲਾ ਅਸਲ ਵਿਚ ਵਿਧਾਨ ਸਭਾ ਚੋਣਾਂ ਦੇ ਕਾਰਨ ਉਭਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਚੋਣਾਂ ਮਗਰੋਂ ਇਹ ਮਾਮਲਾ ਖੁਦ ਠੰਡਾ ਪੈ ਜਾਵੇਗਾ।