arrow

ਸੈਕਟਰ 66 ਵਿੱਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦੀ ਸਥਾਪਨਾ

ਚੰਡੀਗੜ੍ਹ, 10 ਜੁਲਾਈ-

ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦੀ ਲਾਹਨਤ ਨੂੰ ਹੋਰ ਅੱਗੇ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਮੋਹਾਲੀ ਵਿਖੇ ਸੈਕਟਰ 66 ਵਿੱਚ 2.77 ਏਕੜ ਰਕਬੇ ਵਿੱਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਦੀਆਂ ਹਦਾਇਤਾਂ 'ਤੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵਲੋਂ ਸੈਕਟਰ 66 ਵਿੱਚ 2.77 ਏਕੜ ਮੁਫ਼ਤ ਜਗ੍ਹਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਦੇ ਨਾਮ ਕੀਤੀ ਜਾਵੇਗੀ।

ਇਹ ਕਾਬਲੇ ਗੌਰ ਹੈ ਕਿ ਸੂਬਾ ਸਰਕਾਰ ਵਲੋਂ ਮੌਜੂਦਾ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਵਾ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 22 ਮੁੜ ਵਸੇਬਾ ਕੇਂਦਰ ਸਥਾਪਤ ਕਰਨ ਦੀ ਯੋਜਨਾ ਬਣਾਈ ਜਾ ਚੁੱਕੀ ਹੈ ਤਾਂ ਕਿ ਇਹ ਵਿਅਕਤੀ ਆਪਣੀ ਜ਼ਿੰਦਗੀ ਨਵੇਂ ਸਿਰਿਓਂ ਸ਼ੁਰੂ ਕਰ ਸਕਣ। ਇਨ੍ਹਾਂ ਕੇਂਦਰਾਂ ਵਿੱਚ ਨਸ਼ੇ ਦੀ ਆਦਤ ਤੋਂ ਮੁਕਤ ਹੋਏ ਇਨ੍ਹਾਂ ਵਿਅਕਤੀਆਂ ਨੂੰ ਮੁੜ ਵਸੇਬੇ ਲਈ ਵੱਖ ਵੱਖ ਕਿੱਤਿਆਂ ਵਿੱਚ ਹੁਨਰ ਸਿਖਲਾਈ ਦਿੱਤੀ ਜਾਵੇਗੀ ਤਾਂ ਕਿ ਉਹ ਆਪਣੇ ਪੈਰਾਂ 'ਤੇ ਖੜ੍ਹੇ ਹੋ ਸਕਣ।