arrow

ਸਿੱਖਿਆ ਵਿਭਾਗ ਜਿਣਸੀ ਘਟਨਾਵਾਂ ਰੋਕਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗਾ- ਡਾ.ਚੀਮਾ

ਮੁਹਾਲੀ, 10 ਜੁਲਾਈ-

ਵਿਦਿਆਰਥੀਆਂ ਵਿੱਚ ਜਿਣਸੀ ਅਪਰਾਧਾਂ ਦੀ ਬਿਰਤੀ ਨੂੰ ਰੋਕਣ ਅਤੇ ਔਰਤਾਂ ਖਿਲਾਫ ਵਾਪਰਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਿੱਖਿਆ ਵਿਭਾਗ ਸੂਬੇ ਦੇ ਸਮੂਹ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗਾ ਜਿਸ ਤਹਿਤ ਵਿਦਿਆਰਥੀਆਂ ਨੂੰ ਇਨ੍ਹਾਂ ਅਪਰਾਧਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਅਜਿਹੀਆਂ ਅਪਰਾਧਕ ਘਟਨਾਵਾਂ ਰੋਕਣ ਲਈ ਬਣੇ ਕਾਨੂੰਨਾਂ ਬਾਰੇ ਪੂਰੀ ਜਾਣੂੰ ਕਰਵਾਇਆ ਜਾਵੇਗਾ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾ ਸਕੇ। ਇਹ ਗੱਲ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਮੁਹਾਲੀ ਸਥਿਤ ਮਾਨਵ ਮੰਗਲ ਸਮਾਰਟ ਸਕੂਲ ਵਿਖੇ ਰਾਸ਼ਟਰੀ ਮਾਧਿਆਮਕ ਸਿਕਸ਼ਾ ਅਭਿਆਨ (ਰਮਸਾ) ਪੰਜਾਬ ਵੱਲੋਂ ਜਿਣਸੀ ਅਪਰਾਧਾਂ ਤੋਂ ਵਿਦਿਆਰਥੀਆਂ ਦੀ ਸੁਰੱਖਿਆ (ਪੋਕਸੋ) ਸਬੰਧੀ ਸਕੂਲੀ ਅਧਿਆਪਕਾਂ ਨੂੰ ਸਿੱਖਿਆ ਦੇਣ ਲਈ ਕਰਵਾਈ ਗਈ ਇਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਕਹੀ।

ਲੁਧਿਆਣਾ ਵਿਖੇ ਬੀਤੇ ਦਿਨੀਂ ਸਕੂਲ ਵਿੱਚ ਵਾਪਰੀ ਘਟਨਾ ਨੂੰ ਸੱਭਿਅਕ ਸਮਾਜ ਲਈ ਸ਼ਰਮਨਾਕ ਕਾਰਾ ਐਲਾਨਦਿਆਂ ਡਾ.ਚੀਮਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਿੱਖਿਆ ਵਿਭਾਗ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਖਿਲਾਫ ਵਧਦੀਆਂ ਜਿਣਸੀ ਘਟਨਾਵਾਂ ਨੂੰ ਰੋਕਣ ਲਈ ਪ੍ਰੋਟੋਕਸ਼ਨ ਆਫ ਚਿਲਡਰਵ ਫਰੌਮ ਸੈਕਸੂਅਲ ਓਫੈਂਸ (ਪੋਕਸੋ) ਬਣਿਆ ਹੋਇਆ ਹੈ ਪਰ ਕਾਨੂੰਨ ਬਾਰੇ ਲੋਕਾਂ ਨੂੰ ਜਾਗਰੂਕਤਾ ਨਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਰੁਕ ਨਹੀਂ ਰਹੀਆਂ।

ਸਿੱਖਿਆ ਮੰਤਰੀ ਨੇ ਕਿਹਾ ਕਿ ਅੱਜ ਇਸ ਦੀ ਸਿਖਲਾਈ ਵਰਕਸ਼ਾਪ ਵਿੱਚ ਸੂਬੇ ਦੇ 280 ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਇਸ ਕਾਨੂੰਨ ਅਤੇ ਬੱਚਿਆ ਤੇ ਔਰਤਾਂ ਖਿਲਾਫ ਹੁੰਦੇ ਅਪਰਾਧਾਂ ਤੋਂ ਬਚਾਅ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਵਿਧੀ ਬਾਰੇ ਜਾਣੂੰ ਕਰਵਾਇਆ ਜਾਵੇਗਾ। ਡਾ. ਚੀਮਾ ਨੇ ਕਿਹਾ ਕਿ ਸਿਖਲਾਈ ਹਾਸਲ ਕਰਨ ਤੋਂ ਬਾਅਦ ਇਹ ਅਧਿਕਾਰੀ ਤੇ ਅਧਿਆਪਕ ਆਪੋ-ਆਪਣੇ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਬੱਚਿਆਂ ਵਿੱਚ ਅਪਰਾਧਕ ਵਰਤਾਰੇ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਇਸ ਨੂੰ ਰੋਕਣ ਲਈ ਵਿਭਾਗ ਆਪਣੇ ਯਤਨ ਹੋਰ ਤੇਜ਼ ਕਰੇਗਾ।

ਕਿਹਾ ਕਿ ਸਿੱਖਿਆ ਸੰਸਥਾਵਾਂ ਪੂਜਣਯੋਗ ਥਾਵਾਂ ਹੁੰਦੀਆਂ ਹਨ ਅਤੇ ਇਨ੍ਹਾਂ ਵਿੱਚ ਕਿਸੇ ਕਿਸਮ ਦੀਆਂ ਅਪਰਾਧਤ ਵਰਦਾਤਾਂ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲੀ ਸਿੱਖਿਆ ਦੇ ਨਾਲ ਨੈਤਿਕ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਸ ਤੋਂ ਪਹਿਲਾਂ ਸਿਖਲਾਈ ਵਰਕਸ਼ਾਪ ਵਿੱਚ ਹਿੱਸਾ ਲੈਣ ਪੁੱਜੇ ਸਮੂਹ ਅਧਿਆਪਕਾਂ ਦਾ ਸਵਾਗਤ ਕਰਦਿਆਂ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਜਲੀ ਭਾਵੜਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਸ ਤਰ੍ਹਾਂ ਦਾ ਕੀਤਾ ਇਹ ਪਹਿਲਾ ਉਪਰਾਲਾ ਹੈ ਜਿਹੜਾ ਬੱਚਿਆਂ ਅਤੇ ਔਰਤਾਂ ਨਾਲ ਵਾਪਰਦੀਆਂ ਜਿਣਸੀ ਅਪਰਾਧਕ ਘਟਨਾਵਾਂ ਰੋਕਣ ਲਈ ਬਹੁਤ ਸਹਾਈ ਸਿੱਧ ਹੋਵੇਗਾ।

ਉਦਘਾਟਨੀ ਸੈਸ਼ਨ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਨੈਸ਼ਨਲ ਇੰਸਟੀਚਿਊਟ ਆਫ ਪਬਲਿਕ ਕੋਆਪ੍ਰੇਸ਼ਨ ਐਂਡ ਚਿਲਡਰਨ ਡਿਵਲਪਮੈਂਟ ਦੇ ਸੰਯੁਕਤ ਡਾਇਰੈਕਟਰ ਡਾ. ਤਜਿੰਦਰ ਕੌਰ ਨੇ ਪੋਕਸੋ ਕਾਨੂੰਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਇਸ ਕਾਨੂੰਨ ਤਹਿਤ ਆਉਂਦੇ ਅਪਰਾਧਾਂ, ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਮੁਆਵਜ਼ੇ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਕਿਸਮ ਦਾ ਕੀਤਾ ਸੋਸ਼ਣ ਇਸ ਕਾਨੂੰਨ ਦੇ ਦਾਇਰੇ ਵਿੱਚ ਆਉਂਦਾ ਹੈ ਅਤੇ ਇਸ ਕਾਨੂੰਨ ਤਹਿਤ ਹਰ ਅਪਰਾਧ ਲਈ ਸਖਤ ਸਜ਼ਾਵਾਂ ਦੀ ਤਜਵੀਜ਼ ਹੈ।

ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਵਿਭਾਗ ਨਾਲ ਸਬੰਧਤ ਹਰ ਤਰ੍ਹਾਂ ਦੀ ਜਾਣਕਾਰੀ ਅਤੇ ਵਿਦਿਆਰਥੀ ਭਲਾਈ ਸਕੀਮਾਂ ਬਾਰੇ ਸੂਚਨਾ ਮੁਹੱਈਆ ਕਰਵਾਉਂਦਾ 'ਸਿਟੀਜ਼ਨ ਚਾਰਟਰ' ਅਤੇ ਲੇਖਿਕਾ ਪ੍ਰੀਤਇੰਦਰ ਕੌਰ ਵੱਲੋਂ ਵਿਦਿਆਰਥੀਆਂ ਲਈ ਤਿਆਰ ਕੀਤੀ ਪੁਸਤਕ 'ਕਰੀਅਰ ਗਾਈਡੈਂਸ ਐਂਡ ਕਾਊਂਸਲਿੰਗ' ਰਿਲੀਜ਼ਕੀਤੀ ਗਈ। ਸਿਖਲਾਈ ਹਾਸਲ ਕਰਨ ਵਾਲਿਆਂ ਵਿੱਚ ਸਮੂਹ 22 ਜ਼ਿਲ੍ਹਿਆਂ ਦੇ ਡੀ.ਈ.ਓਜ਼ 110 ਪ੍ਰਿੰਸੀਪਲ ਅਤੇ 130 ਅਧਿਆਪਕ ਸ਼ਾਮਲ ਸਨ।