arrow

ਸੁਖਬੀਰ ਵਲੋਂ ਠੋਸ ਰਹਿੰਦ ਖੂੰਹਦ ਪ੍ਰਬੰਧਨ ਅਥਾਰਟੀ ਦੀ ਸਥਾਪਨਾ ਨੂੰ ਮਨਜ਼ੂਰੀ

ਚੰਡੀਗੜ੍ਹ, 11 ਜੁਲਾਈ-

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਸੂਬਾ ਪੱਧਰੀ ਠੋਸ ਰਹਿੰਦ ਖੂੰਹਦ ਪ੍ਰਬੰਧਨ ਅਥਾਰਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸਦਾ ਮੁੱਖ ਕੰਮ ਸ਼ਹਿਰਾਂ ਵਿਚ ਸਾਫ ਸਫਾਈ ਨੂੰ ਯਕੀਨੀ ਬਣਾਉਣਾ ਹੋਵੇਗਾ।

ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਵਲੋਂ ਸਥਾਨਕ ਸਰਕਾਰਾਂ ਵਿਭਾਗ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਮੁਕੰਮਲ ਹੋਣ ਕੰਢੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ 'ਮਿਸ਼ਨ 100 ਦਿਨ' ਤਹਿਤ ਯੋਜਨਾ ਤਿਆਰ ਕਰਨ। ਇਸ ਸਬੰਧੀ ਫੈਸਲਾ ਸ. ਬਾਦਲ ਵਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਉੰਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ ਗਿਆ। ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੇਕਾਂ ਸ਼ਹਿਰਾਂ ਵਿਚ ਕੂੜੇ ਕਰਕਟ ਦੀ ਸਮੱਸਿਆ ਨਾਲ ਨਜਿੱਠਣ ਲਈ ਠੋਸ ਰਹਿੰਦ ਖੂੰਹਦ ਪ੍ਰਬੰਧਨ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਲਈ ਸਾਰੇ ਸੂਬੇ ਨੂੰ ਲੁਧਿਆਣਾ, ਪਠਾਨਕੋਟ, ਅੰਮ੍ਰਿਤਸਰ, ਜਲੰਧਰ, ਬਠਿੰਡਾ, ਪਟਿਆਲਾ, ਮੁਹਾਲੀ ਤੇ ਫਿਰੋਜ਼ਪੁਰ ਕਲੱਸਟਰਾਂ ਵਿਚ ਵੰਡਿਆ ਗਿਆ ਹੈ।

ਸ. ਬਾਦਲ ਨੇ ਵਿਭਾਗੀ ਅਧਿਕਾਰੀਆਂ ਨੂੰ ਨਾਲ ਹੀ ਕਿਹਾ ਕਿ ਉਹ ਸ਼ਹਿਰਾਂ ਨਾਲ ਲੱਗਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਸ਼ਹਿਰਾਂ ਵਿਚ ਚੱਲ ਰਹੀ ਸਫਾਈ ਮੁਹਿੰਮ ਵਿਚ ਭਾਗੀਦਾਰ ਬਣਾਉਣ। ਇਮਾਰਤੀ ਯੋਜਨਾ ਨਕਸ਼ਿਆਂ ਨੂੰ ਮਨਜ਼ੂਰੀ ਵਿਚ ਦੇਰੀ ਬਾਰੇ ਸ. ਬਾਦਲ ਨੇ ਕਿਹਾ ਕਿ ਵਿਭਾਗ ਦੇ ਸਕੱਤਰ ਇਹ ਯਕੀਨੀ ਬਣਾਉਣ ਕਿ ਇਸ ਸਬੰਧੀ ਸਾਰੇ ਰਿਕਾਰਡ ਦੀ ਡਿਜੀਟੀਲਾਈਜੇਸ਼ਨ ਹੋਵੇ ਤੇ ਇਸਨੂੰ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਨਾਲ ਜੋੜਨ ਤਾਂ ਜੋ ਬਿਊਰੋ ਨੂੰ ਵੀ ਨਵੇਂ ਨਿਵੇਸ਼ਕਾਂ ਦੀ ਨਿਵੇਸ਼ਕ ਯੋਜਨਾ ਨੂੰ ਮਨਜ਼ੂਰੀ ਦੇਣ ਵਿਚ ਕੋਈ ਦਿੱਕਤ ਨਾ ਆਵੇ।

ਸ਼ਹਿਰਾਂ ਵਿਚ ਵਿਕਾਸ ਕਾਰਜਾਂ ਵਿਚ ਦੇਰੀ ਕਰਨ ਵਾਲੇ ਠੇਕੇਦਾਰਾਂ ਨੂੰ ਕਾਲੀ ਸੂਚੀ ਵਿਚ ਸ਼ਾਮਿਲ ਕਰਨ ਦੇ ਹੁਕਮ ਦਿੰਦਿਆਂ ਸ. ਬਾਦਲ ਨੇ ਕਿਹਾ ਕਿ ਅਜਿਹੇ ਠੇਕੇਦਾਰਾਂ ਨੂੰ ਪੰਜਾਬ ਸਰਕਾਰ ਵਲੋਂ ਕੋਈ ਕੰਮ ਅਲਾਟ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸੂਚੀ ਪੰਜਾਬ ਸਰਕਾਰ ਦੇ ਹਰ ਵਿਭਾਗ ਨਾਲ ਸਾਂਝੀ ਕੀਤੀ ਜਾਵੇ।