arrow

ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਬਿੱਲ ਪਾਸ

ਚੰਡੀਗੜ੍ਹ , 12 ਜੁਲਾਈ-

ਹਰਿਆਣਾ ਵਿਧਾਨ ਸੂਬਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਬਿੱਲ 2014 ਪਾਸ ਕਰ ਦਿੱਤਾ ਗਿਆ ਹੈ। ਇਸ ਕਮੇਟੀ ਵਿਚ 49 ਮੈਂਬਰ ਸ਼ਾਮਲ ਹੋਣਗੇ ਜੋ ਸੂਬੇ ਦੇ 52 ਗੁਰਦੁਆਰਿਆਂ ਦੀ ਦੇਖ ਰੇਖ ਦਾ ਕੰਮ ਕਰਨਗੇ।

ਇਸ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਵਿਧਾਨ ਸਭਾ ਵਿਚੋਂ ਵਾਕਆਊਟ ਕਰ ਲਿਆ। ਬਿੱਲ ਦੇ ਵਿਧਾਨ ਸਭਾ ਵਿਚ ਰੱਖੇ ਜਾਣ ਮੌਕੇ ਸਿੱਖ ਆਗੂ ਦੀਦਾਰ ਸਿੰਘ ਨਲਵੀ ਅਤੇ ਜਗਦੀਸ਼ ਸਿੰਘ ਝੀਂਡਾ ਵੀ ਵਿਧਾਨ ਸਭਾ ਵਿਚ ਹਾਜ਼ਰ ਸਨ। ਹਰਿਆਣਾ ਵਿਧਾਨ ਸਭਾ ਦਾ ਇਹ ਇਕ ਦਿਨੀਂ ਵਿਸ਼ੇਸ਼ ਸੈਸ਼ਨ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਹੀ  ਬੁਲਾਇਆ ਗਿਆ ਸੀ। ਕਰਨਾਲ ਦੇ ਕੈਥਲ ਵਿਚ ਛੇ ਜੁਲਾਈ ਨੂੰ ਬੁਲਾਏ ਗਏ ਸਿੱਖ ਸੰਮੇਲਨ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਸੀ।

ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਸਰਕਾਰ ਦੇ ਇਸ ਫੈਸਲੇ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੀ ਅਕਾਲੀ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਹਰਿਆਣੇ ਦੇ ਸਿੱਖਾਂ ਨੂੰ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧ ਵਿਚ ਖੜੇ ਹੋਣ ਦੀ ਅਪੀਲ ਕੀਤੀ ਸੀ। ਅਕਾਲੀ ਦਲ ਕੇਂਦਰੀ ਗ੍ਰਹਿ ਮੰਤਰਾਲੇ ਜ਼ਰੀਏ ਵੀ ਇਸ ਨਵੀਂ ਕਮੇਟੀ ਦੇ ਗਠਨ ਨੂੰ ਰੋਕਣ ਵਿਚ ਰੁੱਝਾ ਹੋਇਆ ਹੈ।