arrow

ਪਿੰਡ ਠੁੱਲੇਵਾਲ ਵਿਖੇ ਪੁੱਤ ਨੇ ਕੀਤਾ ਪਿਉ ਦਾ ਕਤਲ

ਬਰਨਾਲਾ, 12 ਜੁਲਾਈ-

ਥਾਣਾ ਸਦਰ ਅਧੀਨ ਪੈਂਦੇ ਪਿੰਡ ਠੁੱਲੇਵਾਲ ਵਿਖੇ ਬੀਤੀ ਰਾਤ ਇੱਕ ਪੁੱਤ ਵੱਲੋਂ ਆਪਣੇ ਪਿਉ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸ: ਹਰਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਸੁਰਿੰਦਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਠੁੱਲੇਵਾਲ ਦਾ ਉਸ ਦੇ ਪੁੱਤਰ ਮਨਜਿੰਦਰ ਸਿੰਘ ਬੱਬੂ ਵੱਲੋਂ ਕਤਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੁਰਿੰਦਰ ਸਿੰਘ ਦੀ ਪਤਨੀ ਕੁਲਵੰਤ ਕੌਰ ਅਨੁਸਾਰ ਦੋਵੇਂ ਹੀ ਪਿਉ-ਪੁੱਤਰ ਸ਼ਰਾਬ ਪੀਣ ਦੇ ਆਦੀ ਸਨ ਤੇ ਅਕਸਰ ਹੀ ਦੋਵਾਂ 'ਚ ਝਗੜਾ ਹੁੰਦਾ ਰਹਿੰਦਾ ਸੀ। ਬੀਤੀ ਰਾਤ ਵੀ ਦੋਵਾਂ 'ਚ ਝਗੜਾ ਹੋ ਗਿਆ, ਜਿਸ ਦੌਰਾਨ ਉਸ ਦੇ ਪੁੱਤਰ ਮਨਜਿੰਦਰ ਸਿੰਘ ਨੇ ਉਸ ਦੇ ਪਤੀ ਸੁਰਿੰਦਰ ਸਿੰਘ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਪਰ ਜ਼ਖ਼ਮਾਂ ਦੀ ਤਾਬ ਨਾਲ ਝੱਲਣ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।

ਡੀ.ਐੱਸ.ਪੀ. ਸ: ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭੇਜ ਦਿੱਤਾ ਗਿਆ ਹੈ ਤੇ ਕੁਲਵੰਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਪੁੱਤਰ ਮਨਜਿੰਦਰ ਸਿੰਘ ਬੱਬੂ ਤੇ ਮ੍ਰਿਤਕ ਦੇ ਭਰਾ ਕਰਮ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।