arrow

ਪੰਥ 'ਚੋਂ ਛੇਕਣ ਦੇ ਫੈਸਲੇ 'ਤੇ ਮੁੜ ਵਿਚਾਰ ਕਰੇ ਅਕਾਲ ਤਖਤ-ਹਰਿਆਣਾ ਕਮੇਟੀ

ਕੁਰੂਕਸ਼ੇਤਰ, 17 ਜੁਲਾਈ-

ਹਰਿਆਣਾ ਦੇ ਗੁਰਦੁਆਰਿਆਂ ਦੀ ਸੰਭਾਲ ਲਈ ਬਣਾਈ ਗਈ ਐਡਹਾਕ ਕਮੇਟੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵਲੋਂ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਅਤੇ ਹਰਮਿੰਦਰ ਸਿੰਘ ਚੱਡਾ ਨੂੰ ਪੰਥ 'ਚੋਂ ਛੇਕਣ ਦੇ ਕੀਤੇ ਗਏ ਹੁਕਮ 'ਤੇ ਮੁੜ ਤੋਂ ਵਿਚਾਰ ਕਰਨ ਦੀ ਮੰਗ ਕੀਤੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਤੋਂ ਬਾਅਦ ਬੁੱਧਵਾਰ ਸ਼ਾਮ ਨੂੰ ਇਨ੍ਹਾਂ ਤਿੰਨਾਂ ਸਿੱਖ ਆਗੂਆਂ ਨੂੰ ਪੰਥ 'ਚੋਂ ਛੇਕਣ ਦਾ ਹੁਕਮ ਜਾਰੀ ਕੀਤਾ ਸੀ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਪੈਦਾ ਹੋਏ ਹਾਲਾਤਾਂ 'ਤੇ ਚਰਚਾ ਕਰਨ ਲਈ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੁਰੂਕਸ਼ੇਤਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਬੈਠਕ ਹੋਈ। ਬੈਠਕ ਤੋਂ ਬਾਅਦ ਹਰਿਆਣਾ ਦੀ ਵੱਖਰੀ ਕਮੇਟੀ ਦੇ ਜਨਰਲ ਸਕੱਤਰ ਜੋਗਾ ਸਿੰਘ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਬਾਅ ਹੇਠ ਇਹ ਫੈਸਲਾ ਕੀਤਾ ਹੈ ਅਤੇ ਇਸ ਫੈਸਲੇ 'ਤੇ ਮੁੜ ਤੋਂ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਹਰਿਆਣਾ ਦੀ ਕਾਂਗਰਸ ਸਰਕਾਰ ਨੇ 11 ਜੁਲਾਈ ਨੂੰ ਵਿਧਾਨ ਸਭਾ 'ਚ ਬਿੱਲ ਪੇਸ਼ ਕਰਕੇ ਸੂਬੇ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਇਸ ਬਿੱਲ 'ਤੇ ਰਾਜਪਾਲ ਨੇ ਵੀ ਦਸਤਖਤ ਕਰ ਦਿੱਤੇ ਹਨ। ਹਰਿਆਣਾ ਦੀ ਵੱਖਰੀ ਕਮੇਟੀ ਬਣਨ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਿੱਲੀ 'ਚ ਡੇਰਾ ਲਗਾ ਕੇ ਬੈਠ ਗਏ ਹਨ।