arrow

ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਮੁੱਖ ਪਹਿਲ- ਚੀਮਾ

ਮੁਹਾਲੀ 25 ਜੂਨ-

ਸੂਬੇ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਸਿੱਖਿਆ ਵਿਭਾਗ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਨੂੰ ਵਿਸ਼ੇਸ਼ ਤਵੱਜੋਂ ਦੇਵੇਗਾ ਜਿਸ ਤਹਿਤ ਬਾਰ੍ਹਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਵੱਖ-ਵੱਖ ਵਿਸ਼ਿਆਂ ਦੇ ਮਾਹਿਰਾਂ ਵੱਲੋਂ ਕਾਊਂਸਲਿੰਗ ਕੀਤੀ ਜਾਵੇਗੀ।

ਇਹ ਗੱਲ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸ਼ਿਵਾਲਿਕ ਸਕੂਲ ਮੁਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਇੰਸ ਤੇ ਕਾਮਰਸ ਦੇ ਵਿਦਿਆਰਥੀਆਂ ਲਈ ਕਰਵਾਏ 'ਕਰੀਅਰ ਗਾਈਡੈਂਸ ਐਂਡ ਕਾਊਂਸਲਿੰਗ' ਸੈਮੀਨਾਰ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਹੀ। ਸਿੱਖਿਆ ਮੰਤਰੀ ਨੇ ਇਸ ਮੌਕੇ ਸਾਲ 2014 ਦੀ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਵਿਦਿਆਰਥੀਆਂ ਅਤੇ ਆਈ.ਆਈ.ਟੀ. ਵਿੱਚ ਚੁਣ ਗਏ ਜਲੰਧਰ ਦੇ ਦੋ ਭਰਾਵਾਂ ਅਮਿਤ ਤੇ ਸੁਮਿਤ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ। ਸਮਾਗਮ ਵਿੱਚ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਸਮੂਹ ਵਿਦਿਆਰਥੀ ਸ਼ਾਮਲ ਹੋਏ।

ਚੀਮਾ ਨੇ ਕਿਹਾ ਕਿ ਆਈ.ਆਈ.ਟੀ. ਦੀ ਪ੍ਰੀਖਿਆ ਵਿੱਚ ਪੰਜਾਬ ਦੇ ਵਿਦਿਆਰਥੀਆਂ ਵੱਲੋਂ ਦਿਖਾਈ ਚੰਗੀ ਕਾਰਗੁਜ਼ਾਰੀ ਤਸੱਲੀਬਖਸ਼ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਇਸ ਗੱਲ 'ਤੇ ਜ਼ੋਰ ਦੇ ਰਿਹਾ ਹੈ ਕਿ ਭਵਿੱਖ ਵਿੱਚ ਆਲ ਇੰਡੀਆ ਪ੍ਰੀ ਮੈਡੀਕਲ ਦਾਖਲਾ ਪ੍ਰੀਖਿਆ ਅਤੇ ਸੈਨਾ ਵਿੱਚ ਭਰਤੀ ਲਈ ਐਨ.ਡੀ.ਏ. ਦੀ ਪ੍ਰੀਖਿਆ ਵਿੱਚ ਪੰਜਾਬ ਦੇ ਵਿਦਿਆਰਥੀ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਨ ਜਿਸ ਦਿਸ਼ਾ ਵਿੱਚ ਸਿੱਖਿਆ ਵਿਭਾਗ ਵੱਲੋਂ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਵਿਸ਼ੇਸ਼ ਕਾਊਂਸਲਿੰਗ ਸੈਮੀਨਾਰ ਕਰਵਾਏ ਜਾਣਗੇ। ਉਨ੍ਹਾਂ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਸਥਾਪਤ ਕੀਤੇ ਮਹਾਰਾਜਾ ਰਣਜੀਤ ਸਿੰਘ ਸੈਨਾ ਤਿਆਰੀ ਸਕੂਲ ਕਾਰਨ ਸੂਬੇ ਵਿੱਚੋਂ 35 ਵਿਦਿਆਰਥੀਆਂ ਨੇ ਐਨ.ਡੀ.ਏ. ਦੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕੀਤੀ ਹੈ।

ਸਿੱਖਿਆ ਮੰਤਰੀ ਨੇ ਸਾਲਾਨਾ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਬੋਰਡ ਨੂੰ ਵਧਾਈ ਦੇਣ ਦੇ ਨਾਲ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਸਨਮਾਨਤ ਕੀਤਾ। ਉਨ੍ਹਾਂ ਕਿਹਾ ਕਿ ਦਸਵੀਂ ਵਿੱਚ 80 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ 6 ਰਿਹਾਇਸ਼ੀ ਸਕੂਲ ਖੋਲ੍ਹੇ ਹਨ ਜਿਨ੍ਹਾਂ ਵਿੱਚ ਉੱਚ ਮਿਆਰ ਦੀ ਸਿੱਖਿਆ ਮੁਫਤ ਦੇਣ ਦੇ ਨਾਲ ਮੁਫਤ ਹੋਸਟਲ ਅਤੇ ਖਾਣੇ ਦੀ ਸਹੂਲਤ ਮਿਲੇਗੀ। ਉਨ੍ਹਾਂ ਇਸ ਗੱਲ 'ਤੇ ਵੀ ਤਸੱਲੀ ਪ੍ਰਗਟਾਈ ਕਿ ਪੇਂਡੂ ਪਿਛੋਕੜ ਵਾਲੇ ਵਿਦਿਆਰਥੀਆਂ ਨੇ ਮੋਹਰੀ ਪੁਜੀਸ਼ਨਾਂ ਹਾਸਲ ਕੀਤੀਆਂ ਹਨ।

ਚੀਮਾ ਨੇ ਦਸਵੀਂ ਦੀ ਪ੍ਰੀਖਿਆ ਵਿੱਚੋਂ ਪਹਿਲੇ ਸਥਾਨ 'ਤੇ ਆਈ ਰਿਆ ਨੂੰ 1 ਲੱਖ ਰੁਪਏ ਦੇ ਨਗਦ ਇਨਾਮ, ਦੂਜੇ ਸਥਾਨ 'ਤੇ ਆਈਆਂ ਮਹਿਮਾ ਨਾਗਪਾਲ ਤੇ ਪੰਕੁਸ਼ ਮਹਾਜਨ ਨੂੰ 75-75 ਹਜ਼ਾਰ ਅਤੇ ਤੀਜੇ ਸਥਾਨ 'ਤੇ ਆਈ ਜਨਤਪ੍ਰੀਤ ਕੌਰ, ਗਗਨਜੋਤ ਕੌਰ, ਲੋਕੇਸ਼ ਮਹਾਜਨ ਤੇ ਮੁਸਕਾਨ ਵਰਮਾ ਨੂੰ 50-50 ਹਜ਼ਾਰ ਦੇ ਨਗਦ ਇਨਾਮ ਨਾਲ ਸਨਮਾਨਤ ਕੀਤਾ। ਬਾਰ੍ਹਵੀਂ ਦੀ ਪ੍ਰੀਖਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੀ ਮੁਸਕਾਨ ਵਰਮਾ, ਡੇਜ਼ੀ ਗਰਗ ਤੇ ਚਾਰੂ ਨੂੰ ਵੀ ਸਨਮਾਨਤ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਨੇ ਆਈ.ਆਈ.ਟੀ. ਦੀ ਪ੍ਰੀੱਿਖਆ ਵਿੱਚ ਸਫਲ ਹੋਏ ਜਲੰਧਰ ਦੇ ਸਕਾ ਭਰਾਵਾਂ ਅਮਿਤ ਤੇ ਸੁਮਿਤ ਅਤੇ ਉਨ੍ਹਾਂ ਦੀ ਮਾਤਾ ਮੰਜੂ ਦੇਵੀ ਨੂੰ ਸਨਮਾਨਿਆ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਹੱਲਾਸ਼ੇਰੀ ਦੇਣ ਦੇ ਨਾਲ ਵਧਾਈ ਦਿੱਤੀ।

ਇਸ ਮੌਕੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਚਰਜ ਦੇ ਡਾਇਰੈਕਟਰ ਡਾ. ਅਰਵਿੰਦ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਪ੍ਰੋਫੈਸਰ ਕਮ ਹੈਡ ਡਾ. ਸੰਜੇ ਗੁਪਤਾ, ਪੰਜਾਬੀ ਯੂਨੀਵਰਸਿਟੀ ਕਾਲਜ, ਘਨੌਰ ਦੇ ਪ੍ਰੋਫੈਸਰ ਡਾ. ਰੋਹਿਤ ਅਤੇ ਯੂ.ਆਈ.ਟੀ., ਚੰਡੀਗੜ੍ਹ ਦੇ ਐਸੋਸੀਏਟ ਪ੍ਰੋਫੈਸਰ ਡਾ. ਮਨੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਸ਼ੇਸ਼ ਲੈਕਚਰ ਦੇ ਕੇ ਪ੍ਰੇਰਿਆ। ਇਸ ਮੌਕੇ ਸਿੱਖਿਆ ਮੰਤਰੀ ਵੱਲੋਂ ਸਾਲ 2014-15 ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਅਕਾਦਮਿਕ ਕੈਲੰਡਰ ਵੀ ਰਿਲੀਜ਼ ਕੀਤਾ ਗਿਆ।

ਇਸ ਮੌਕੇ ਪ੍ਰਮੁੱਖ ਸਕੱਤਰ, ਸਕੂਲ ਸਿੱਖਿਆ, ਸ੍ਰੀਮਤੀ ਅੰਜਲੀ ਭਾਵੜਾ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਧਾਲੀਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਡਾ. ਕਮਲ ਗਰਗ, ਡੀ.ਪੀ.ਆਈ.(ਐਲੀਮੈਂਟਰੀ ਸਿੱਖਿਆ) ਸ੍ਰੀਮਤੀ ਦਰਸ਼ਨ ਕੌਰ, ਜ਼ਿਲਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਸ੍ਰੀ ਮੇਵਾ ਸਿੰਘ ਸਿੱਧੂ ਸਮੇਤ ਬੋਰਡ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।