90 ਲੱਖ ਰੁਪਏ ਦੇ ਇਸ਼ਤਿਹਾਰ ਦੇਣ ਸਬੰਧੀ ਵੀ ਸੁਖਬੀਰ ਬਾਦਲ ਜਵਾਬ ਦੇਵੇ
ਅੰਮ੍ਰਿਤਸਰ 15 ਜੁਲਾਈ 2024 (ਚੜ੍ਹਦੀਕਲਾ) ਅੱਜ ਪੰਜ ਸਿੰਘ ਸਾਹਿਬਾਨ ਦੀ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਅੱਜ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਉਕਤ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੌਦਾ ਸਾਧ ਨੂੰ ਮੁਆਫ਼ੀ ਦੇਣ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਇਸ ਤੋਂ ਇਲਾਵਾ ਸਿੰਘ ਸਾਹਿਬਾਨ ਨੇ ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ ਬਣਾਈ ਜਾਵੇ। ਇਸ ਵਿਚ ਕੁਤਾਹੀ ਪਾਏ ਜਾਣ ’ਤੇ ਜਾਂ ਬੇਅਦਬੀ ਹੋਣ ਦੀ ਸੂਰਤ ਵਿਚ ਸਬੰਧਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿੰਮੇਵਾਰ ਹੋਵੇਗੀ ਅਤੇ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਅੱਜ ਦੀ ਇਕੱਤਰਤਾ ਵਿੱਚ ਬਾਬਾ ਦਯਾ ਸਿੰਘ ਜੀ ਮੁਖੀ ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ, ਚਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ, ਹੈੱਡ ਕੁਆਟਰਟਰ ਸੁਰਸਿੰਘ, ਜ਼ਿਲ੍ਹਾ ਸ੍ਰੀ ਤਰਨ ਤਾਰਨ ਸਾਹਿਬ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪੰਥ ਸੇਵਕ’ ਦਾ ਵਿਸ਼ੇਸ਼ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।
ਸਿੰਘ ਸਾਹਿਬਾਨ ਨੇ ਆਲਮੀ ਤਪਸ਼ (Global Warming) ਅਤੇ ਜਲਵਾਯੂ ਵਿਚ ਵਿਸ਼ਵ ਪੱਧਰ ‘ਤੇ ਆ ਰਹੀਆਂ ਖ਼ਤਰਨਾਕ ਤਬਦੀਲੀਆਂ ਦੇ ਮੱਦੇਨਜ਼ਰ ਵਾਤਾਵਰਣ ਅਤੇ ਪਾਣੀ ਦੀ ਸਾਂਭ-ਸੰਭਾਲ ਸਮੇਤ ਪੰਛੀਆਂ ਦੀਆਂ ਖ਼ਤਮ ਹੋ ਰਹੀਆਂ ਨਸਲਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਆਦੇਸ਼ ਕੀਤਾ ਹੈ ਕਿ ਹਰੇਕ ਸਿੱਖ ਆਪਣੇ ਜੀਵਨ ਵਿਚ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਾਵੇ ਅਤੇ ਸਵੱਛ ਪਾਣੀ ਦੀ ਸਾਂਭ-ਸੰਭਾਲ ਕਰੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।