ਕੋਈ ਵੀ ਧਿਰ ਜਾਂ ਕਮੇਟੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ

ਅੰਮ੍ਰਿਤਸਰ 6 ਅਗਸਤ, 2025 (ਚੜ੍ਹਦੀਕਲਾ ਬਿਊਰੋ) ਅੱਜ ਇੱਥੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਵਿੱਚ ਪੁੱਜੀਆਂ ਸ਼ਿਕਾਇਤਾਂ ਜਿਵੇਂ ਕਿ ‘ਕੁਝ ਧਿਰਾਂ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਪ੍ਰਸਤੀ ਹੋਣ ਦਾ ਦਾਅਵਾ ਕਰਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ’ ਦਾ ਮਾਮਲਾ ਵਿਚਾਰਿਆ ਗਿਆ। 

ਦੱਸ ਦੇਈਏ ਕਿ 2 ਦਸੰਬਰ 2024 ਨੂੰ ਸ਼੍ਰੋਮਣੀ ਅਕਾਲੀ ਦਲ ਆਗੂਆਂ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਮੌਕੇ ਪੰਜ ਸਿੰਘ ਸਾਹਿਬਾਨ ਵੱਲੋਂ ਕੀਤੇ ਗਏ ਆਦੇਸ਼ ਵਿੱਚ ਸਮੂਹ ਅਕਾਲੀ ਦਲ ਧਿਰਾਂ ਨੂੰ ਤਾਕੀਦ ਕੀਤੀ ਗਈ ਸੀ ਕਿ ਉਹ ਆਪੋ-ਆਪਣੇ ਵੱਖਰੇ ਚੁੱਲ੍ਹੇ ਸਮੇਟ ਕੇ ਇਕਜੁੱਟ ਹੋਣ ਪਰ ਇਸ ਸਬੰਧੀ ਹੁਣ ਤੱਕ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ। 

ਸਿੰਘ ਸਾਹਿਬਾਨ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਅੱਜ ਸਿੱਖ ਵਿਸ਼ਵ ਭਰ ਅੰਦਰ ਵੱਖ-ਵੱਖ ਦੇਸ਼ਾਂ ਅਤੇ ਵੱਖ-ਵੱਖ ਸਿਆਸੀ ਧਿਰਾਂ ਵਿੱਚ ਰਹਿੰਦਾ ਹੋਇਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੂਰਨ ਸਮਰਪਿਤ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਹਰ ਸਿੱਖ ਮਾਈ ਭਾਈ ਦੇ ਹੱਕ ਹਕੂਕ ਤੇ ਹਿੱਤ ਵਿੱਚ ਖੜ੍ਹਾ ਹੈ। 

ਪੰਜ ਸਿੰਘ ਸਾਹਿਬਾਨਾਂ ਨੇ ਫੈਸਲਾ ਸੁਣਾਇਆ ਕਿ ਜੇਕਰ 2 ਦਸੰਬਰ 2024 ਨੂੰ ਕੀਤੇ ਹੁਕਮਾਂ ਨੂੰ ਕੋਈ ਵੀ ਧਿਰ ਇਨ-ਬਿਨ ਨਹੀਂ ਮੰਨਣਾ ਚਾਹੁੰਦੀ ਤਾਂ ਉਨ੍ਹਾਂ ਨੂੰ ਆਪੋ-ਆਪਣੀ ਸਿਆਸਤ ਮੁਬਾਰਕ ਹੈ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਦਾ ਦਾਅਵਾ ਕਰਕੇ ਸੰਗਤ ਵਿੱਚ ਭਰਮ-ਭੁਲੇਖੇ ਪੈਦਾ ਨਾ ਕੀਤੇ ਜਾਣ ਕਿਉਂਕਿ ਵੱਖੋ-ਵੱਖਰੇ ਚੁੱਲ੍ਹੇ ਕਾਇਮ ਰੱਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਦੀ ਭਾਵਨਾ ਸੰਪੂਰਨ ਨਹੀਂ ਕੀਤੀ ਜਾ ਸਕਦੀ। ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਲੰਮੇ ਵਿਚਾਰ ਵਟਾਂਦਰੇ ਮਗਰੋਂ ਆਦੇਸ਼ ਕੀਤਾ ਗਿਆ ਕਿ ਕੋਈ ਵੀ ਧਿਰ ਜਾਂ ਕਮੇਟੀ ਆਪਣੇ-ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੋਣ ਦਾ ਦਾਅਵਾ ਨਾ ਕਰੇ। ਦੱਸਣਯੋਗ ਹੈ ਕਿ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲੋਂ ਤੇਜਾ ਸਿੰਘ ਸਮੁੰਦਰੀ ਹਾਲ ਦੇਣ ਦੀ ਅਪੀਲ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਹ ਪੱਤਰ ਅੱਗੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜ ਦਿੱਤਾ ਗਿਆ ਸੀ।

ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਾਜ਼ਾ ਹੁਕਮਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਥਾਂ ਆਪਣੇ ਵੱਲੋਂ ਵੱਖਰੀ ਪਾਰਟੀ ਬਣਾਉਣ ਲਈ ਕੀਤੀ ਗਈ ਭਰਤੀ ਅਤੇ 11 ਅਗਸਤ ਨੂੰ ਸੱਦੇ ਗਏ ਜਨਰਲ ਇਜਲਾਸ ਦਾ ਕੀ ਬਣੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਇਸ ਫੈਸਲੇ ਨਾਲ ਉਸ ਬਾਗੀ ਧੜੇ ਨੂੰ ਵੱਡਾ ਝਟਕਾ ਲੱਗਾ ਹੈ। ਇਸ ਫੈਸਲੇ ਨਾਲ ਅਕਾਲੀ ਦਲ ਤੇ ਬਾਗੀ ਧੜੇ ਦਾ ਕਾਟੋ-ਕਲੇਸ਼ ਹੋਰ ਡੂੰਘਾ ਹੋਣ ਦੇ ਆਸਾਰ ਬਣ ਗਏ ਹਨ।